ਜ਼ਬੂਰ 18 : 1 (IRVPA)
ਦਾਊਦ ਦਾ ਮੁਕਤੀਗਾਨ *ਪ੍ਰਧਾਨ ਵਜਾਉਣ ਵਾਲੇ ਦੇ ਲਈ। ਯਹੋਵਾਹ ਦੇ ਦਾਸ ਦਾਊਦ ਦਾ ਗੀਤ, ਜਿਸ ਦੇ ਬਚਨ ਉਸ ਨੇ ਯਹੋਵਾਹ ਦੇ ਲਈ ਉਸ ਸਮੇਂ ਗਾਏ ਜਦੋਂ ਯਹੋਵਾਹ ਨੇ ਉਸ ਨੂੰ ਉਸ ਦੇ ਸਾਰੇ ਵੈਰੀਆਂ ਅਰਥਾਤ ਸ਼ਾਊਲ ਦੇ ਹੱਥੋਂ ਬਚਾਇਆ ਸੀ। ਉਸ ਨੇ ਕਿਹਾ: *ਹੇ ਯਹੋਵਾਹ, ਮੇਰੇ ਬਲ, ਮੈਂ ਤੇਰੇ ਨਾਲ ਪ੍ਰੀਤ ਰੱਖਦਾ ਹਾਂ।
ਜ਼ਬੂਰ 18 : 2 (IRVPA)
ਯਹੋਵਾਹ ਮੇਰੀ ਚੱਟਾਨ, ਮੇਰਾ ਗੜ੍ਹ ਅਤੇ ਮੇਰਾ ਛੁਡਾਉਣ ਵਾਲਾ ਹੈ, ਮੇਰਾ ਪਰਮੇਸ਼ੁਰ, ਮੇਰੀ ਚੱਟਾਨ, ਜਿਸ ਦੀ ਸ਼ਰਨ ਵਿੱਚ ਮੈਂ ਆਇਆ ਹਾਂ, ਮੇਰੀ ਢਾਲ਼, ਮੇਰੇ ਬਚਾਓ ਦਾ ਸਿੰਗ ਅਤੇ ਮੇਰਾ ਉੱਚਾ ਗੜ੍ਹ ਹੈ।
ਜ਼ਬੂਰ 18 : 3 (IRVPA)
ਮੈਂ ਯਹੋਵਾਹ ਨੂੰ ਜਿਹੜਾ ਉਸਤਤ ਯੋਗ ਹੈ, ਪੁਕਾਰਾਂਗਾ ਅਤੇ ਮੈਂ ਆਪਣੇ ਵੈਰੀਆਂ ਤੋਂ ਬਚ ਜਾਂਵਾਂਗਾ।
ਜ਼ਬੂਰ 18 : 4 (IRVPA)
ਮੌਤ ਦੀਆਂ ਡੋਰੀਆਂ ਨੇ ਮੈਨੂੰ ਘੇਰ ਲਿਆ, ਅਤੇ ਕੁਧਰਮੀ ਦੇ ਹੜ੍ਹਾਂ ਨੇ ਮੈਨੂੰ ਡਰਾਇਆ।
ਜ਼ਬੂਰ 18 : 5 (IRVPA)
ਅਧੋਲੋਕ ਦੀਆਂ ਰੱਸੀਆਂ ਨੇ ਮੈਨੂੰ ਘੇਰ ਲਿਆ, ਮੌਤ ਦੇ ਫੰਦੇ ਮੇਰੇ ਚੁਫ਼ੇਰੇ ਸਨ।
ਜ਼ਬੂਰ 18 : 6 (IRVPA)
ਆਪਣੀ ਔਖ ਦੇ ਵੇਲੇ ਮੈਂ ਯਹੋਵਾਹ ਨੂੰ ਪੁਕਾਰਿਆ, ਅਤੇ ਆਪਣੇ ਪਰਮੇਸ਼ੁਰ ਦੀ ਦੁਹਾਈ ਦਿੱਤੀ। ਉਸ ਨੇ ਆਪਣੀ ਹੈਕਲ ਵਿੱਚੋਂ ਮੇਰੀ ਅਵਾਜ਼ ਸੁਣੀ, ਅਤੇ ਮੇਰੀ ਦੁਹਾਈ ਉਸ ਦੇ ਅੱਗੇ, ਸਗੋਂ ਉਸ ਦੇ ਕੰਨਾਂ ਤੱਕ ਪਹੁੰਚੀ।
ਜ਼ਬੂਰ 18 : 7 (IRVPA)
ਤਦ ਧਰਤੀ ਕੰਬ ਗਈ ਅਤੇ ਥਰ-ਥਰਾਈ, ਅਤੇ ਪਹਾੜਾਂ ਦੀਆਂ ਨੀਹਾਂ ਹਿੱਲ ਗਈਆਂ, ਅਤੇ ਧੜਕ ਉੱਠੀਆਂ, ਕਿਉਂ ਜੋ ਉਹ ਕ੍ਰੋਧਵਾਨ ਹੋ ਗਿਆ ਸੀ!
ਜ਼ਬੂਰ 18 : 8 (IRVPA)
ਉਸ ਦੀਆਂ ਨਾਸਾਂ ਤੋਂ ਧੂੰਆਂ ਉੱਠਿਆ, ਅਤੇ ਉਸ ਦੇ ਮੂੰਹ ਤੋਂ ਅੱਗ ਭਸਮ ਕਰਦੀ ਸੀ, ਅੰਗਿਆਰੇ ਉਸ ਤੋਂ ਦਗ-ਦਗ ਕਰਨ ਲੱਗੇ।
ਜ਼ਬੂਰ 18 : 9 (IRVPA)
ਉਸ ਨੇ ਅਕਾਸ਼ਾਂ ਨੂੰ ਝੁਕਾਇਆ ਅਤੇ ਹੇਠਾਂ ਉਤਰਿਆ, ਅਤੇ ਉਸ ਦੇ ਪੈਰਾਂ ਹੇਠ ਘੁੱਪ ਹਨ੍ਹੇਰਾ ਸੀ।
ਜ਼ਬੂਰ 18 : 10 (IRVPA)
ਤਦ ਉਹ ਕਰੂਬ ਉੱਤੇ ਸਵਾਰ ਹੋ ਕੇ ਉੱਡਿਆ, ਹਾਂ, ਉਹ ਨੇ ਪੌਣ ਦਿਆਂ ਖੰਭਾਂ ਉੱਤੇ ਉਡਾਰੀ ਮਾਰੀ।
ਜ਼ਬੂਰ 18 : 11 (IRVPA)
ਉਸ ਨੇ ਹਨੇਰੇ ਨੂੰ ਆਪਣਾ ਗੁਪਤ ਸਥਾਨ, ਬੱਦਲਾਂ ਦੇ ਇਕੱਠ ਅਤੇ ਅਕਾਸ਼ ਦੀਆਂ ਘਟਾਂਵਾਂ ਨੂੰ ਆਪਣੇ ਆਲੇ-ਦੁਆਲੇ ਦਾ ਮੰਡਪ ਬਣਾਇਆ।
ਜ਼ਬੂਰ 18 : 12 (IRVPA)
ਉਹ ਦੀ ਹਜ਼ੂਰੀ ਦੀ ਝਲਕ ਤੋਂ ਅਤੇ ਉਹ ਦੀਆਂ ਘਟਾਂਵਾਂ ਦੇ ਵਿੱਚੋਂ ਗੜੇ ਅਤੇ ਅੰਗਿਆਰੇ ਨਿੱਕਲੇ।
ਜ਼ਬੂਰ 18 : 13 (IRVPA)
ਤਦ ਯਹੋਵਾਹ ਅਕਾਸ਼ ਵਿੱਚ ਗਰਜਿਆ, ਅਤੇ ਅੱਤ ਮਹਾਨ ਨੇ ਆਪਣੀ ਅਵਾਜ਼ ਸੁਣਾਈ।
ਜ਼ਬੂਰ 18 : 14 (IRVPA)
ਫੇਰ ਉਸ ਨੇ ਆਪਣੇ ਤੀਰ ਚਲਾ ਕੇ ਉਨ੍ਹਾਂ ਨੂੰ ਤਿੱਤਰ-ਬਿੱਤਰ ਕੀਤਾ, ਅਤੇ ਬਿਜਲੀਆਂ ਲਿਸ਼ਕਾ ਕੇ ਉਨ੍ਹਾਂ ਨੂੰ ਘਬਰਾ ਦਿੱਤਾ।
ਜ਼ਬੂਰ 18 : 15 (IRVPA)
ਤਾਂ ਤੇਰੇ ਦਬਕੇ ਦੇ ਕਾਰਨ, ਹੇ ਯਹੋਵਾਹ, ਤੇਰੀਆਂ ਨਾਸਾਂ ਦੇ ਸੁਆਸ ਦੇ ਝੋਕੇ ਦੇ ਕਾਰਨ ਸਮੁੰਦਰਾਂ ਦੀਆਂ ਸਤਹ ਦਿੱਸ ਪਈਆਂ, ਅਤੇ ਜਗਤ ਦੀਆਂ ਨੀਹਾਂ ਖੁੱਲ੍ਹ ਗਈਆਂ।
ਜ਼ਬੂਰ 18 : 16 (IRVPA)
ਉਸ ਨੇ ਉੱਪਰੋਂ ਹੱਥ ਵਧਾ ਕੇ ਮੈਨੂੰ ਸੰਭਾਲ ਲਿਆ ਅਤੇ ਮੈਨੂੰ ਪਾਣੀ ਦੇ ਹੜ੍ਹਾਂ ਵਿੱਚੋਂ ਕੱਢ ਲਿਆ।
ਜ਼ਬੂਰ 18 : 17 (IRVPA)
ਮੇਰੇ ਬਲਵੰਤ ਵੈਰੀ ਤੋਂ ਉਸ ਨੇ ਮੈਨੂੰ ਛੁਡਾਇਆ, ਅਤੇ ਉਹਨਾਂ ਤੋਂ ਜਿਹੜੇ ਮੈਥੋਂ ਘਿਣ ਕਰਦੇ ਸਨ, ਕਿਉਂ ਜੋ ਓਹ ਮੇਰੇ ਨਾਲੋਂ ਬਹੁਤ ਤਕੜੇ ਸਨ।
ਜ਼ਬੂਰ 18 : 18 (IRVPA)
ਮੇਰੀ ਬਿਪਤਾ ਦੇ ਦਿਨ ਉਨ੍ਹਾਂ ਨੇ ਮੇਰਾ ਸਾਹਮਣਾ ਕੀਤਾ, ਪਰੰਤੂ ਯਹੋਵਾਹ ਮੇਰਾ ਆਸਰਾ ਸੀ।
ਜ਼ਬੂਰ 18 : 19 (IRVPA)
ਉਹ ਮੈਨੂੰ ਖੁੱਲ੍ਹੇ ਸਥਾਨ ਵਿੱਚ ਕੱਢ ਲਿਆਇਆ, ਉਸ ਨੇ ਮੈਨੂੰ ਛੁਡਾਇਆ ਕਿਉਂ ਜੋ ਉਹ ਮੈਥੋਂ ਪ੍ਰਸੰਨ ਸੀ।
ਜ਼ਬੂਰ 18 : 20 (IRVPA)
ਯਹੋਵਾਹ ਨੇ ਮੇਰੇ ਧਰਮ ਦੇ ਅਨੁਸਾਰ ਮੈਨੂੰ ਬਦਲਾ ਦਿੱਤਾ, ਮੇਰੇ ਹੱਥਾਂ ਦੀ ਸੁੱਚਮਤਾਈ ਦੇ ਅਨੁਸਾਰ ਮੈਨੂੰ ਵੱਟਾ ਦਿੱਤਾ,
ਜ਼ਬੂਰ 18 : 21 (IRVPA)
ਕਿਉਂ ਜੋ ਮੈਂ ਯਹੋਵਾਹ ਦੇ ਰਾਹਾਂ ਦੀ ਪਾਲਣਾ ਕੀਤੀ, ਅਤੇ ਬਦੀ ਕਰਕੇ ਆਪਣੇ ਪਰਮੇਸ਼ੁਰ ਤੋਂ ਬੇਮੁੱਖ ਨਹੀਂ ਹੋਇਆ।
ਜ਼ਬੂਰ 18 : 22 (IRVPA)
ਉਹ ਦੇ ਸਾਰੇ ਨਿਯਮ ਮੇਰੇ ਸਾਹਮਣੇ ਰਹੇ, ਅਤੇ ਉਹ ਦੀਆਂ ਬਿਧੀਆਂ ਨੂੰ ਮੈਂ ਆਪਣੇ ਕੋਲੋਂ ਦੂਰ ਨਾ ਕੀਤਾ।
ਜ਼ਬੂਰ 18 : 23 (IRVPA)
ਮੈਂ ਉਹ ਦੇ ਨਾਲ ਖਰਾ ਉਤਰਿਆ, ਅਤੇ ਆਪਣੇ ਆਪ ਨੂੰ ਬਦੀ ਤੋਂ ਬਚਾਈ ਰੱਖਿਆ।
ਜ਼ਬੂਰ 18 : 24 (IRVPA)
ਸੋ ਯਹੋਵਾਹ ਨੇ ਨਿਗਾਹ ਕਰ ਕੇ ਮੇਰੇ ਧਰਮ ਦੇ ਅਨੁਸਾਰ, ਅਤੇ ਮੇਰੇ ਹੱਥਾਂ ਦੀ ਸ਼ੁੱਧਤਾ ਦੇ ਅਨੁਸਾਰ ਮੈਨੂੰ ਵੱਟਾ ਦਿੱਤਾ।
ਜ਼ਬੂਰ 18 : 25 (IRVPA)
ਦਯਾਵਾਨ ਲਈ ਤੂੰ ਆਪਣੇ ਆਪ ਨੂੰ ਦਯਾਵਾਨ ਵਿਖਾਵੇਂਗਾ, ਪੂਰੇ ਮਨੁੱਖ ਲਈ ਤੂੰ ਆਪਣੇ ਆਪ ਨੂੰ ਪੂਰਾ ਵਿਖਾਵੇਂਗਾ।
ਜ਼ਬੂਰ 18 : 26 (IRVPA)
ਸ਼ੁੱਧ ਲਈ ਤੂੰ ਆਪਣੇ ਆਪ ਨੂੰ ਸ਼ੁੱਧ ਵਿਖਾਵੇਂਗਾ, ਅਤੇ ਟੇਢਿਆਂ ਲਈ ਤੂੰ ਆਪਣੇ ਆਪ ਨੂੰ ਟੇਢਾ ਵਿਖਾਵੇਂਗਾ।
ਜ਼ਬੂਰ 18 : 27 (IRVPA)
ਤੂੰ ਦੁਖੀ ਲੋਕਾਂ ਨੂੰ ਬਚਾਵੇਂਗਾ, ਪਰ ਉੱਚੀਆਂ ਅੱਖਾਂ ਨੂੰ ਨੀਵੀਂਆਂ ਕਰੇਂਗਾ।
ਜ਼ਬੂਰ 18 : 28 (IRVPA)
ਫੇਰ ਤੂੰ ਮੇਰਾ ਦੀਵਾ ਬਾਲਦਾ ਹੈਂ, ਯਹੋਵਾਹ ਮੇਰਾ ਪਰਮੇਸ਼ੁਰ ਮੇਰੇ ਹਨੇਰੇ ਨੂੰ ਚਾਨਣ ਕਰਦਾ ਹੈ।
ਜ਼ਬੂਰ 18 : 29 (IRVPA)
ਮੈਂ ਤੇਰੀ ਸਹਾਇਤਾ ਨਾਲ ਆਪਣੇ ਵੈਰੀਆਂ ਦੇ ਵਿਰੁੱਧ ਹੱਲਾ ਬੋਲ ਸਕਦਾ ਹਾਂ, ਅਤੇ ਆਪਣੇ ਪਰਮੇਸ਼ੁਰ ਦੀ ਸਹਾਇਤਾ ਨਾਲ ਮੈਂ ਸ਼ਹਿਰਪਨਾਹ ਨੂੰ ਟੱਪ ਸਕਦਾ ਹਾਂ।
ਜ਼ਬੂਰ 18 : 30 (IRVPA)
ਪਰਮੇਸ਼ੁਰ ਦਾ ਰਾਹ ਸਿੱਧ ਹੈ, ਯਹੋਵਾਹ ਦਾ ਬਚਨ ਤਾਇਆ ਹੋਇਆ ਹੈ, ਉਹ ਆਪਣੇ ਸਾਰੇ ਸ਼ਰਨਾਰਥੀਆਂ ਲਈ ਇੱਕ ਢਾਲ਼ ਹੈ।
ਜ਼ਬੂਰ 18 : 31 (IRVPA)
ਯਹੋਵਾਹ ਤੋਂ ਬਿਨ੍ਹਾਂ ਹੋਰ ਕੌਣ ਪਰਮੇਸ਼ੁਰ ਹੈ? ਅਤੇ ਸਾਡੇ ਪਰਮੇਸ਼ੁਰ ਤੋਂ ਛੁੱਟ ਹੋਰ ਕਿਹੜੀ ਚੱਟਾਨ ਹੈ?
ਜ਼ਬੂਰ 18 : 32 (IRVPA)
ਉਹ ਪਰਮੇਸ਼ੁਰ ਜੋ ਮੇਰਾ ਲੱਕ ਬਲ ਨਾਲ ਕੱਸਦਾ ਹੈ, ਅਤੇ ਮੇਰਾ ਰਾਹ ਸੰਪੂਰਨ ਕਰਦਾ ਹੈ।
ਜ਼ਬੂਰ 18 : 33 (IRVPA)
ਉਹ ਮੇਰੇ ਪੈਰਾਂ ਨੂੰ ਹਰਨੀਆਂ ਦੇ ਪੈਰਾਂ ਜਿਹੇ ਬਣਾਉਂਦਾ ਹੈ, ਅਤੇ ਮੈਨੂੰ ਮੇਰੇ ਉੱਚਿਆਂ ਥਾਂਵਾਂ ਉੱਤੇ ਖੜ੍ਹਾ ਕਰਦਾ ਹੈ।
ਜ਼ਬੂਰ 18 : 34 (IRVPA)
ਉਹ ਮੇਰੇ ਹੱਥਾਂ ਨੂੰ ਯੁੱਧ ਕਰਨਾ ਇਸ ਤਰ੍ਹਾਂ ਸਿਖਾਉਂਦਾ ਹੈ ਕਿ ਮੇਰੀਆਂ ਬਾਹਾਂ ਪਿੱਤਲ ਦਾ ਧਣੁੱਖ ਝੁਕਾ ਦਿੰਦੀਆਂ ਹਨ।
ਜ਼ਬੂਰ 18 : 35 (IRVPA)
ਤੂੰ ਆਪਣੇ ਬਚਾਓ ਦੀ ਢਾਲ਼ ਮੈਨੂੰ ਦਿੱਤੀ ਹੈ, ਅਤੇ ਤੇਰੇ ਸੱਜੇ ਹੱਥ ਨੇ ਮੈਨੂੰ ਸੰਭਾਲਿਆ ਹੈ, ਅਤੇ ਤੇਰੀ ਨਰਮਾਈ ਨੇ ਮੈਨੂੰ ਵਡਿਆਇਆ ਹੈ।
ਜ਼ਬੂਰ 18 : 36 (IRVPA)
ਤੂੰ ਮੇਰੇ ਕਦਮਾਂ ਲਈ ਸਥਾਨ ਚੌੜਾ ਕੀਤਾ ਹੈ, ਅਤੇ ਮੇਰੇ ਪੈਰ ਨਹੀਂ ਤਿਲਕੇ।
ਜ਼ਬੂਰ 18 : 37 (IRVPA)
ਮੈਂ ਆਪਣੇ ਵੈਰੀਆਂ ਦਾ ਪਿੱਛਾ ਕਰ ਕੇ ਉਨ੍ਹਾਂ ਨੂੰ ਜਾ ਲਿਆ, ਮੈਂ ਪਿੱਛੇ ਨਾ ਹਟਿਆ ਜਿਨ੍ਹਾਂ ਚਿਰ ਉਨ੍ਹਾਂ ਦਾ ਨਾਸ ਨਾ ਹੋ ਗਿਆ।
ਜ਼ਬੂਰ 18 : 38 (IRVPA)
ਮੈਂ ਉਨ੍ਹਾਂ ਨੂੰ ਅਜਿਹਾ ਮਾਰਿਆ ਕਿ ਉਹ ਫੇਰ ਨਾ ਉੱਠ ਸਕੇ, ਉਹ ਪੈਰਾਂ ਹੇਠ ਡਿੱਗ ਪਏ ਸਨ।
ਜ਼ਬੂਰ 18 : 39 (IRVPA)
ਤੂੰ ਯੁੱਧ ਲਈ ਮੇਰੇ ਲੱਕ ਨੂੰ ਬਲ ਨਾਲ ਕੱਸਿਆ ਹੈ, ਤੂੰ ਮੇਰੇ ਵਿਰੋਧੀਆਂ ਨੂੰ ਮੇਰੇ ਸਾਹਮਣੇ ਝੁਕਾ ਦਿੱਤਾ ਹੈ।
ਜ਼ਬੂਰ 18 : 40 (IRVPA)
ਤੂੰ ਮੇਰੇ ਵੈਰੀਆਂ ਦੀ ਪਿੱਠ ਮੈਨੂੰ ਵਿਖਾਈ, ਅਤੇ ਮੈਂ ਆਪਣੇ ਘਿਣ ਕਰਨ ਵਾਲਿਆਂ ਦਾ ਸੱਤਿਆਨਾਸ ਕੀਤਾ।
ਜ਼ਬੂਰ 18 : 41 (IRVPA)
ਉਨ੍ਹਾਂ ਨੇ ਦੁਹਾਈ ਦਿੱਤੀ ਪਰ ਕੋਈ ਬਚਾਉਣ ਵਾਲਾ ਨਹੀਂ ਸੀ, ਸਗੋਂ ਯਹੋਵਾਹ ਵੱਲ ਵੀ, ਪਰ ਉਸ ਨੇ ਉਨ੍ਹਾਂ ਨੂੰ ਉੱਤਰ ਨਾ ਦਿੱਤਾ।
ਜ਼ਬੂਰ 18 : 42 (IRVPA)
ਫੇਰ ਮੈਂ ਉਨ੍ਹਾਂ ਨੂੰ ਹਵਾ ਨਾਲ ਉੱਡਦੀ ਧੂੜ ਵਾਂਗੂੰ ਪੀਹ ਸੁੱਟਿਆ, ਰਸਤੇ ਦੇ ਚਿੱਕੜ ਵਾਂਗੂੰ ਉਨ੍ਹਾਂ ਨੂੰ ਸੁੱਟ ਦਿੱਤਾ।
ਜ਼ਬੂਰ 18 : 43 (IRVPA)
ਤੂੰ ਮੈਨੂੰ ਲੋਕਾਂ ਦੇ ਝਗੜਿਆਂ ਤੋਂ ਛੁਡਾਇਆ, ਤੂੰ ਮੈਨੂੰ ਕੌਮਾਂ ਦਾ ਮੁਖੀਆ ਨਿਯੁਕਤ ਕੀਤਾ, ਜਿਨ੍ਹਾਂ ਲੋਕਾਂ ਨੂੰ ਮੈਂ ਨਹੀਂ ਜਾਣਿਆ ਉਨ੍ਹਾਂ ਨੇ ਮੇਰੀ ਸੇਵਾ ਕੀਤੀ।
ਜ਼ਬੂਰ 18 : 44 (IRVPA)
ਮੇਰਾ ਨਾਮ ਸੁਣਦੇ ਹੀ ਉਹ ਮੇਰੇ ਅਧੀਨ ਹੋ ਗਏ, ਪਰਦੇਸੀ ਮੇਰੇ ਅੱਗੇ ਹਿਚਕ ਕੇ ਆਏ।
ਜ਼ਬੂਰ 18 : 45 (IRVPA)
ਪਰਦੇਸੀ ਕੁਮਲਾ ਗਏ, ਅਤੇ ਆਪਣੇ ਕੋਟਾਂ ਵਿੱਚੋਂ ਥਰ-ਥਰਾਉਂਦੇ ਹੋਏ ਨਿੱਕਲੇ।
ਜ਼ਬੂਰ 18 : 46 (IRVPA)
ਯਹੋਵਾਹ ਜਿਉਂਦਾ ਹੈ ਸੋ ਧੰਨ ਹੋਵੇ ਮੇਰੀ ਚੱਟਾਨ, ਅਤੇ ਮੇਰੇ ਬਚਾਓ ਦੇ ਪਰਮੇਸ਼ੁਰ ਦੀ ਬਜ਼ੁਰਗੀ ਹੋਵੇ!
ਜ਼ਬੂਰ 18 : 47 (IRVPA)
ਉਸੇ ਹੀ ਪਰਮੇਸ਼ੁਰ ਨੇ ਮੇਰਾ ਬਦਲਾ ਲਿਆ, ਅਤੇ ਲੋਕਾਂ ਨੂੰ ਮੇਰੇ ਵੱਸ ਕਰ ਦਿੱਤਾ,
ਜ਼ਬੂਰ 18 : 48 (IRVPA)
ਜਿਸ ਨੇ ਮੈਨੂੰ ਮੇਰੇ ਵੈਰੀਆਂ ਤੋਂ ਛੁਡਾਇਆ, ਹਾਂ, ਤੂੰ ਮੈਨੂੰ ਮੇਰੇ ਵਿਰੋਧੀਆਂ ਵਿੱਚ ਉੱਚਾ ਕੀਤਾ, ਮੈਨੂੰ ਜ਼ਾਲਮਾਂ ਤੋਂ ਬਚਾਇਆ।
ਜ਼ਬੂਰ 18 : 49 (IRVPA)
ਇਸ ਲਈ, ਹੇ ਯਹੋਵਾਹ, ਮੈਂ ਕੌਮਾਂ ਵਿੱਚ ਤੇਰਾ ਧੰਨਵਾਦ ਕਰਾਂਗਾ, ਅਤੇ ਤੇਰੇ ਨਾਮ ਦਾ ਜਸ ਗਾਵਾਂਗਾ।
ਜ਼ਬੂਰ 18 : 50 (IRVPA)
ਉਹ ਆਪਣੇ ਠਹਿਰਾਏ ਹੋਏ ਰਾਜੇ ਨੂੰ ਵੱਡੀ ਜਿੱਤ ਦਿੰਦਾ ਹੈ, ਅਤੇ ਆਪਣੇ ਮਸਹ ਕੀਤੇ ਹੋਏ ਉੱਤੇ ਅਰਥਾਤ ਦਾਊਦ ਅਤੇ ਉਹ ਦੀ ਅੰਸ ਉੱਤੇ ਸਦਾ ਤੱਕ ਦਯਾ ਕਰਦਾ ਹੈ।
❮
❯
1
2
3
4
5
6
7
8
9
10
11
12
13
14
15
16
17
18
19
20
21
22
23
24
25
26
27
28
29
30
31
32
33
34
35
36
37
38
39
40
41
42
43
44
45
46
47
48
49
50